ਕੇਂਦਰ ਦੀ ਭਾਜਪਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੇ ਕਿਸਾਨਾਂ ਦੇ ਹਿਰਦੇ ਵਲੂੰਧਰੇ: ਚੇਅਰਮੈਨ ਗਿੱਲ                           

 -ਝੌਨੇ ਦੀ ਲਗਵਾਈ ਲਈ ਪੰਜਾਬ ਸਰਕਾਰ ਵੱਲੋਂ ਅੱਜ ਤੋਂ ਦਿੱਤੀ ਜਾਵੇਗੀ ਨਿਰਵਿਘਨ ਅੱਠ ਘੰਟੇ ਬਿਜਲੀ      

 

                        

 ਘਨੌਰ 9 ਜੂਨ (ਸੁਖਦੇਵ ਸੁੱਖੀ)
ਕੇਂਦਰੀ ਸੱਤਾ 'ਤੇ ਕਾਬਜ਼ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀਆਂ ਦੇਸ਼ ਦੇ ਅੰਨਦਾਤਾ ਕਿਸਾਨਾਂ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਹੋ ਚੁੱਕਾ ਹੈ ਅਤੇ ਮੰਡੀਕਰਨ ਬੋਰਡ ਸਬੰਧੀ ਲਏ ਗਏ ਕੇਂਦਰੀ ਸਰਕਾਰ ਦੇ ਫ਼ੈਸਲੇ ਨੇ ਪੰਜਾਬੀ ਕਿਸਾਨਾਂ ਦੇ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਮਾਰਕੀਟ ਕਮੇਟੀ ਘਨੌਰ ਸ. ਬਲਜੀਤ ਸਿੰਘ ਗਿੱਲ ਨੇ ਅਗਾਮੀ ਝੋਨੇ ਦੇ ਸੀਜ਼ਨ ਸਬੰਧੀ ਸਥਿਤੀ ਦਾ ਜਾਇਜਾ ਲੈਣ ਲਈ ਵਿਸ਼ੇਸ਼ ਮੀਟਿੰਗ ਉਪਰੰਤ ਕੀਤਾ।  ਮੀਟਿੰਗ 'ਚ ਵਾਈਸ ਚੇਅਰਮੈਨ ਰਾਮ ਸਿੰਘ ਸੀਲ ਤੇ ਸੈਕਟਰੀ ਗੁਰਮੀਤ ਸਿੰਘ ਵੀ ਉਚੇਚੇ ਤੌਰ ਤੇ ਹਾਜ਼ਰ ਹੋਏ। ਚੇਅਰਮੈਨ ਬਲਜੀਤ ਸਿੰਘ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਝੋਨੇ ਦੀ ਲਵਾਈ ਲਈ 10 ਜੂਨ ਤੋਂ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਂਦੀ ਜਾਵੇਗੀ। ਚੇਅਰਮੈਨ ਗਿੱਲ ਨੇ ਦੱਸਿਆ ਕਿ ਹਲਕੇ ਦੇ ਕਿਸਾਨਾਂ ਨੂੰ ਢਿੱਲੀਆਂ ਤਾਰਾਂ ਸਮੇਤ ਹੋਰ ਸਮੱਸਿਆਵਾਂ ਸਬੰਧੀ ਮੁਸ਼ਕਲਾਂ ਤੋਂ ਬਚਾਉਣ ਲਈ ਹਲਕਾ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਵੱਲੋਂ ਸਬੰਧਤ ਵਿਭਾਗ ਦੇ ਅਮਲੇ ਨਾਲ ਪਹਿਲਾਂ ਹੀ ਬੈਠਕ ਕਰਕੇ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਝੋਨੇ ਦੇ ਸੀਜ਼ਨ ਦੌਰਾਨ ਹਲਕੇ ਦੇ ਕਿਸਾਨਾਂ ਨੂੰ ਆਉਂਦੀਆਂ ਸਮੱਸਿਆਵਾਂ ਦੇ ਹੱਲ ਲਈ ਉਹ ਦਿਨ ਰਾਤ ਯਤਨਸ਼ੀਲ ਰਹਿਣਗੇ । ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਗੁਰਮੀਤ ਸਿੰਘ, ਐੱਮ.ਸੀ. ਮੁਸ਼ਤਾਕ ਅਲੀ ਜੱਸੀ, ਕਿਸਾਨ ਆਗੂ ਜਸਵਿੰਦਰ ਸਿੰਘ ਸਰਾਲਾ, ਧਰਮ ਸਿੰਘ ਸੋਟਾ, ਗੁਰਵਿੰਦਰ ਸਿੰਘ ਸੋਟਾ ਆਦਿ ਹਾਜਰ ਸਨ।                             ਤਸਵੀਰ:(ਸੁਖਦੇਵ)
 ਬਲਜੀਤ ਸਿੰਘ ਗਿੱਲ ਚੇਅਰਮੈਨ ਮਾਰਕੀਟ ਕਮੇਟੀ ਘਨੌਰ ਮੀਟਿੰਗ ਨੂੰ ਸਬੋਧਨ ਕਰਦੇ ਹੋਏ।